ਚੰਡੀਗੜ੍ਹ : ਫਰਾਰ ਵਾਰਿਸ ਪੰਜਾਬ ਦੇ ਮੁਖੀ ਤੇ ਵੱਖਵਾਦੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਲਗਾਤਾਰ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਅੰਮ੍ਰਿਤਪਾਲ ਨਾਲ ਸਬੰਧਤ ਹਰ ਛੋਟੀ-ਵੱਡੀ ਗਤੀਵਿਧੀ ਤੇ ਜਾਣਕਾਰੀ ਦਾ ਅਦਾਨ-ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਤੇ ਨੇਪਾਲ ਨਾਲ ਲੱਗਦੀ ਸਰਹੱਦ ‘ਤੇ ਪੁਲਿਸ ਅਤੇ ਏਜੰਸੀਆਂ ਅਲਰਟ ਮੋਡ ‘ਤੇ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ।
18 ਮਾਰਚ ਤੋਂ ਫਰਾਰ ਹੈ ਅੰਮ੍ਰਿਤਪਾਲ ਸਿੰਘ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਮਹੀਨੇ 18 ਮਾਰਚ ਤੋਂ ਫਰਾਰ ਹੈ। ਪੰਜਾਬ ਪੁਲਿਸ ਅਲਰਟ ‘ਤੇ ਹੈ। ਅੰਮ੍ਰਿਤਪਾਲ ਸਿੰਘ ਨੂੰ ਕਈ ਤਸਵੀਰਾਂ ਅਤੇ ਵੀਡੀਓਜ਼ ਵਿੱਚ ਪੁਲਿਸ ਨੂੰ ਚਕਮਾ ਦਿੰਦੇ ਹੋਏ ਕਈ ਵਾਹਨਾਂ ਵਿਚ ਲਿਜਾਂਦੇ ਦੇਖਿਆ ਗਿਆ ਹੈ। ਜਲੰਧਰ ਜ਼ਿਲ੍ਹੇ ਵਿਚ ਜਦੋਂ ਕਾਫ਼ਲੇ ਨੂੰ ਰੋਕਿਆ ਗਿਆ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਅੰਮ੍ਰਿਤਪਾਲ ਅਤੇ ਉਸ ਦੇ ਕੁਝ ਸਾਥੀਆਂ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (ਰਸੂਕਾ) ਦੀ ਕਾਰਵਾਈ ਕੀਤੀ ਗਈ ਹੈ।