ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ। ਆਮ ਆਦਮੀ ਪਾਰਟੀ ਦੇ ਕਈ ਆਗੂ ਲਗਾਤਾਰ ਇਹ ਆਰੋਪ ਲਗਾ ਰਹੇ ਹਨ ਕਿ ਜੇਲ੍ਹ ਵਿਚ ਕੇਜਰੀਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਉੱਥੇ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਹੁਣ ਇਸ ਵਿਚ ਇੰਡੀਆ ਬਲੋਕ ਨੇ ਇਕ ਵਾਰ ਦਿੱਲੀ ਵਿਚ ਕੇਜਰੀਵਾਲ ਦੇ ਸਮਰਥਨ ਵਿਚ ਇੱਕਜੁਟਤਾ ਦਿਖਾਉਣ ਦਾ ਐਲਾਨ ਕੀਤਾ ਹੈ।
ਵਿਰੋਧੀ ਪਾਰਟੀਆਂ ਹੁਣ ਅਰਵਿੰਦ ਕੇਜਰੀਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਵਿਚ ਪ੍ਰਦਰਸ਼ਨ ਕਰਨਗੀਆਂ। ਵਿਰੋਧੀ ਪਾਰਟੀਆਂ ਨੇ 30 ਜੁਲਾਈ ਨੂੰ ਦਿੱਲੀ ਵਿਚ ਕੇਜਰੀਵਾਲ ਦੇ ਸਮਰਥਨ ਵਿਚ ਵੱਡੀ ਰੈਲੀ ਦਾ ਐਲਾਨ ਕੀਤਾ ਹੈ। ਜੰਤਰ-ਮੰਤਰ ’ਤੇ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਕੇਜਰੀਵਾਲ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨਗੀਆਂ।
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿਚ ਆਮ ਆਦਮੀ ਪਾਰਟੀ ਨੇ ਇਹ ਆਰੋਪ ਲਗਾਇਆ ਸੀ ਕਿ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਬੀਜੇਪੀ ਜਾਣਬੁੱਝ ਕੇ ਖਿਲਵਾੜ ਕਰ ਰਹੀ ਹੈ। ‘ਆਪ’ ਨੇ ਆਰੋਪ ਲਗਾਇਆ ਸੀ ਕਿ ਉਹ ਉਨ੍ਹਾਂ ਨੂੰ ਕੋਮਾ ਵਿਚ ਭੇਜਣਾ ਚਾਹੁੰਦੇ ਹਨ। ‘ਆਪ’ ਨੇ ਇਹ ਤਕ ਵੀ ਕਿਹਾ ਸੀ ਕਿ ਕੇਜਰੀਵਾਲ ਦਾ ਸ਼ੂਗਰ ਲੈਬਲ ਲਗਾਤਾਰ ਹੇਠਾਂ ਡਿੱਗ ਰਿਹਾ ਅਤੇ ਜੇਕਰ ਅਜਿਹੇ ਵਿਚ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਂਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ।
ਦੱਸ ਦੇਈਏ ਕਿ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ।
ਕੇਜਰੀਵਾਲ ਇਸ ਸਮੇਂ ਸੀਬੀਆਈ ਤੇ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਅਤੇ ਸੀਬੀਆਈ ਨੇ 26 ਜੂਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਚੁੱਕੀ ਹੈ ਤੇ ਸੀਬੀਆਈ ਮਾਮਲੇ ਨਾਲ ਜੁੜੀ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ ‘ਚ ਵਿਚਾਰ ਅਧੀਨ ਹੈ। ਇਸ ਦੇ ਨਾਲ ਹੀ ਈਡੀ ਵੱਲੋਂ ਦਾਇਰ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦੀ ਵੀ ਅੱਜ ਸੁਣਵਾਈ ਹੋਣੀ ਹੈ।