ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ’ਚ ਪੁਲਿਸ ਹੁਣ ਕਹਿ ਰਹੀ ਕਿ ਲਾਲਜੀਤ ਭੁੱਲਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲੋਂ ਵੀਡੀਓ ਵਾਲੇ ਮੋਬਾਇਲ ਫ਼ੋਨ ਵੀ ਬਰਾਮਦ ਕਰਨੇ। ਜਾਖੜ ਨੇ ਕਿਹਾ ਕਿ ਪੰਜਾਬ ਪੁਲਿਸ ਘਟਨਾ ਵਾਲੇ ਦਿਨ ਹੀ ਸਾਰੇ ਸਬੂਤ ਆਪਣੇ ਕਬਜ਼ੇ ਵਿਚ ਲੈਣੇ ਚਾਹੀਦੇ ਦੇ ਸਨ। ਪੰਜਾਬ ਪੁਲਿਸ ਵੱਲੋਂ ਹੁਣ ਤੱਕ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਅਤੇ ਪੀਏ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਨਾ ਹੀ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਸਰਕਾਰੀ ਮੁਲਾਜ਼ਮ ਨੂੰ ਕੰਮ ਕਰਨ ਤੋਂ ਰੋਕਣ ਵਾਲੀ ਧਾਰਾ ਜੋੜੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਲਗਾਤਾਰ ਐਫ.ਆਰ.ਆਰ. ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਦੇ ਨਾਲ ਖੜ੍ਹੀ ਹੈ।
ਜਾਖੜ ਨੇ ਕਿਹਾ ਕਿ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਮਾਮਲੇ ’ਚ ਕਾਂਗਰਸ ਭੱਜ ਗਈ ਹੈ । ਉਹਨਾਂ ਕਿਹਾ ਕਿ ਕਾਂਗਰਸ ਨੇ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਸ ਮਾਮਲੇ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ।




