ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਆਯੋਜਿਤ ‘ਸਾਲਾਨਾ ਪਰਵ ਮਿਲਣ’ ਸਮਾਰੋਹ ਦੌਰਾਨ ਸੰਕਲਪ IAS, ਚੰਡੀਗੜ੍ਹ ਦੇ ਚੁਣੇ ਗਏ ਉਮੀਦਵਾਰਾਂ ਅਤੇ ਵੱਖ-ਵੱਖ ਸਿਵਲ ਸੇਵਾਵਾਂ ਵਿੱਚ ਸੇਵਾ ਨਿਭਾ ਰਹੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਹ ਪ੍ਰੋਗਰਾਮ ਸੰਕਲਪ IAS ਵੱਲੋਂ ਸਿਵਲ ਸੇਵਾਵਾਂ ਵਿੱਚ ਸਫਲਤਾ ਪ੍ਰਾਪਤ ਉਮੀਦਵਾਰਾਂ ਅਤੇ ਸੇਵਾ ਵਿੱਚ ਕਾਰਜਸ਼ੀਲ ਅਧਿਕਾਰੀਆਂ ਦੇ ਸਨਮਾਨ ਲਈ ਆਯੋਜਿਤ ਕੀਤਾ ਗਿਆ ਸੀ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਿਵਲ ਸੇਵਕ ਸੰਵਿਧਾਨਕ ਕਦਰਾਂ-ਕੀਮਤਾਂ ਦੇ ਰੱਖਿਅਕ ਹੁੰਦੇ ਹਨ ਅਤੇ ਰਾਜ ਤੇ ਨਾਗਰਿਕਾਂ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਨੇ ਜਨ-ਕਲਿਆਣ ਕੇਂਦਰਿਤ ਸੁਸ਼ਾਸਨ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਮਾਨਵੀ ਦ੍ਰਿਸ਼ਟੀਕੋਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਜ਼ਿੰਮੇਵਾਰ ਅਤੇ ਨੈਤਿਕ ਸਿਵਲ ਸੇਵਕ ਤਿਆਰ ਕਰਨ ਵਿੱਚ ਸੰਸਥਾਵਾਂ ਅਤੇ ਮਾਰਗਦਰਸ਼ਕਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਰਾਜਪਾਲ ਨੇ IAS, IPS, IRS, IIS, HCS, PCS ਅਤੇ AETC ਸਮੇਤ ਵੱਖ-ਵੱਖ ਸੇਵਾਵਾਂ ਵਿੱਚ ਕਾਰਜਸ਼ੀਲ 20 ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਤੇ ਸੇਵਾ-ਭਾਵਨਾ ਦੀ ਪ੍ਰਸ਼ੰਸਾ ਕੀਤੀ।
ਰਾਜਪਾਲ ਨੇ ਸੰਕਲਪ IAS ਦੇ ਫੈਕਲਟੀ ਮੈਂਬਰਾਂ ਅਤੇ ਮਾਰਗਦਰਸ਼ਕਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਵਿਦਿਅਕ ਉੱਤਮਤਾ ਅਤੇ ਜਨਤਕ ਸੇਵਾ ਦੀਆਂ ਕਦਰਾਂ-ਕੀਮਤਾਂ ਦਾ ਵਿਕਾਸ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਸੰਸਥਾ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦੀ ਰਹੇਗੀ।
ਸੰਕਲਪ IAS, ਚੰਡੀਗੜ੍ਹ ਦੇ ਪ੍ਰਧਾਨ, ਸ੍ਰੀ ਚਰਨਜੀਤ ਰਾਏ ਨੇ ਜਾਣਕਾਰੀ ਦਿੱਤੀ ਕਿ ਸੰਸਥਾ ਵੱਲੋਂ ਹੁਣ ਤੱਕ UPSC ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕੁੱਲ 133 ਉਮੀਦਵਾਰਾਂ ਦੀ ਚੋਣ ਕਰਵਾਈ ਜਾ ਚੁੱਕੀ ਹੈ। ਹਾਲ ਹੀ ਵਿੱਚ ਘੋਸ਼ਿਤ PCS ਪ੍ਰੀਖਿਆ ਨਤੀਜਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 18 ਉਮੀਦਵਾਰਾਂ ਵਿੱਚੋਂ 13 ਦੀ ਚੋਣ ਹੋਈ ਹੈ, ਜੋ ਸੰਸਥਾ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਜੋਧਪੁਰ (ਰਾਜਸਥਾਨ) ਤੋਂ ਪਹੁੰਚੇ ਮਹਾਮੁਨੀ ਰਾਮਦਾਸ ਜੀ, ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਪੀ. ਸਿੰਘ, ਸ੍ਰੀ ਸੰਜੇ ਟੰਡਨ, ਥਾਪਰ ਯੂਨੀਵਰਸਿਟੀ ਪਟਿਆਲਾ ਦੇ ਨਿਰਦੇਸ਼ਕ ਸ੍ਰੀ ਟੀ. ਪਦਮ ਨਾਇਰ ਸਮੇਤ ਹੋਰ ਪਤਵੰਤੇ ਸੱਜਣ ਅਤੇ ਅਧਿਕਾਰੀ ਹਾਜ਼ਰ ਸਨ।





