ਜਲੰਧਰ ਜ਼ਿਲ੍ਹੇ ਦੇ ਥਾਣਾ ਨੰਬਰ 8 ਅਧੀਨ ਪੈਂਦੇ ਪਠਾਨਕੋਟ ਚੌਂਕ ਕੋਲ ਇੱਕ ਫਿਲਮੀ ਸਟਾਈਲ ਵਾਂਗ ਮੋਟਰਸਾਈਕਲ ਸਵਾਰ ਕਰੀਬ 7-8 ਨੌਜਵਾਨਾਂ ਨੇ ਕਾਲੇ ਰੰਗ ਦੀ ਥਾਰ ਗੱਡੀ ਨੂੰ ਘੇਰ ਲਿਆ। ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਮੁਲਜ਼ਮਾਂ ਨੇ ਜੀਪ ਦੀ ਭੰਨਤੋੜ ਵੀ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿਚ ਇੱਟਾਂ ਮਾਰ ਕੇ ਸ਼ੀਸ਼ੇ ਤੋੜ ਦਿੱਤੇ।
ਇਸ ਦੌਰਾਨ ਥਾਰ ਦੇ ਅੰਦਰੋਂ ਜਵਾਬੀ ਗੋਲ਼ੀਆਂ ਚਲਾਈਆਂ ਗਈਆਂ। ਗੋਲ਼ੀਆਂ ਚੱਲਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ। ਗੋਲ਼ੀਆਂ ਚੱਲਣ ਦੀ ਆਵਾਜ਼ ਸੁਣ ਕੇ ਪਠਾਨਕੋਟ ਚੌਕ ’ਤੇ ਆਸ-ਪਾਸ ਦੇ ਲੋਕ ਅਤੇ ਟਰੈਫਿਕ ਲਾਈਟ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਉਥੇ ਪੁੱਜ ਗਏ। ਪੁਲਿਸ ਨੂੰ ਉਥੇ ਸਿਰਫ਼ ਇੱਕ ਜ਼ਖ਼ਮੀ ਨੌਜਵਾਨ ਮਿਲਿਆ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਗੁਆਂਢ ਵਿਚ ਰਹਿਣ ਵਾਲੇ ਦੋ ਨੌਜਵਾਨਾਂ ਵੱਲੋਂ ਇਸ ਗੁੰਡਾਗਰਦੀ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਦੁਸ਼ਮਣੀ ਬਹੁਤ ਪੁਰਾਣੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਹਨ। ਇਸ ਹਮਲੇ ਵਿਚ ਥਾਰ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ। ਪੁਲਿਸ ਨੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਬਾਰੇ ਏਸੀਪੀ ਉੱਤਰੀ ਦਮਨ ਵੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ’ਚ ਦਾਖ਼ਲ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।