ਹੁਸ਼ਿਆਰਪੁਰ : ਸਦਨ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਹੋਏ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸੰਸਦ ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੂਬੇ ਦੇ ਕਿਸਾਨ ਵਰਗ ਦੀ ਮੌਜੂਦਾ ਹਾਲਤ ‘ਤੇ ਚਾਨਣਾ ਪਾਇਆ ਅਤੇ ਕੇਂਦਰ ਸਰਕਾਰ ਨੂੰ ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਦੇ ਵੱਡੇ ਯੋਗਦਾਨ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਪੂਰੇ ਦੇਸ਼ ਵਿੱਚ ਅੰਦੋਲਨ ਕਰਨ ਲਈ ਮਜਬੂਰ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਕੋਲ ਸਿਰਫ਼ 3 ਫੀਸਦੀ ਵਾਹੀਯੋਗ ਜ਼ਮੀਨ (42 ਲੱਖ ਹੈਕਟੇਅਰ) ਹੈ, ਇਸ ਦੇ ਬਾਵਜੂਦ ਕੇਂਦਰੀ ਪੂਲ ਵਿੱਚ ਸੂਬਾ ਕੁੱਲ ਕਣਕ ਉਤਪਾਦਨ ਵਿੱਚ 18 ਫੀਸਦੀ ਕਣਕ, ਚੌਲਾਂ ਵਿੱਚ 11 ਫੀਸਦੀ ਅਤੇ ਕਪਾਹ ਵਿੱਚ 4 ਫੀਸਦੀ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਦੇਸ਼ ਦੇ ਗੰਨਾ ਉਤਪਾਦਕਾਂ ਨੂੰ ਗੰਨੇ ਦੇ ਸਭ ਤੋਂ ਵੱਧ ਭਾਅ ਦਿੱਤਾ ਹੈ ਅਤੇ ਰਾਜ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਅਗ੍ਰੀਡ ਮੁੱਲ (ਐਸਏਪੀ) ਭਾਵ 400 ਰੁਪਏ ਤੋਂ ਵੱਧ ਦੇ ਰਹੀ ਹੈ। ਸੂਬੇ ਵਿੱਚ ਹੋਰ ਫਸਲਾਂ ਦੇ ਨਾਲ-ਨਾਲ ਮੱਕੀ ਦੀ ਕਾਸ਼ਤ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਖੇਤੀਬਾੜੀ ਦੇ ਹਾਲਾਤ ਵਿੱਚ ਬਦਲਾਅ ਅਤੇ ਕਾਸ਼ਤ ਤੇ ਮਸ਼ੀਨਰੀ ਦੀਆਂ ਕੀਮਤਾਂ ‘ਚ ਵਾਧੇ ਕਰਕੇ ਕਈ ਚੁਣੌਤੀਆਂ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਕੇਂਦਰ ਨੂੰ ਖਾਸ ਕਰ ਔਖੇ ਸਮੇਂ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ।






