ਤਰਨਤਾਰਨ : ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਦਾਖਲ ਸਨ। ਜਿੱਥੇ ਉਨ੍ਹਾਂ ਆਖਰੀ ਸਾਹ ਲਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਰਗਰਮ ਹੋਣ ਤੋਂ ਹੀ ਜੁੜੇ ਹੋਏ ਡਾ. ਕਸ਼ਮੀਰ ਸਿੰਘ ਸੋਹਲ ਨੂੰ ਪਾਰਟੀ ਨੇ 2022 ਦੀਆਂ ਚੋਣਾਂ ‘ਚ ਆਪਣਾ ਉਮੀਦਵਾਰ ਬਣਾਇਆ ਸੀ। ਪਹਿਲੀ ਵਾਰ ਚੋਣ ਲੜ ਚੁੱਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਉਣ ‘ਚ ਸਫਲ ਰਹੇ। ਹਾਲਾਂਕਿ ਚੋਣ ਜਿੱਤਣ ਦੇ ਕੁਝ ਸਮੇਂ ਬਾਅਦ ਉਹ ਬਿਮਾਰ ਹੋ ਗਏ ਤੇ ਲੰਮਾ ਸਮਾਂ ਬਿਮਾਰੀ ਨਾਲ ਜੂਝਣ ਉਪਰੰਤ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ।