(ਸਮੁੱਚੀ ਸਿੱਖ ਕੌਮ ਵਾਸਤੇ ਬਹੁਤ ਮਾਣ ਵਾਲੀ ਗੱਲ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ)
ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨਾਲ ਸਮਝੌਤਾ ਪੰਜ ਸਾਲ ਲਈ ਵਧਾਉਣ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਦੂਰਅੰਦੇਸ਼ੀ ਸੋਚ ਦੀ ਬਦੌਲਤ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਿੱਖ ਕੌਮ ਨੂੰ ਇਹ ਵੱਡੀ ਸੌਗਾਤ ਦਿੱਤੀ ਸੀ, ਜਿਸ ਤਹਿਤ ਸਿਰਫ ਸਿੱਖ ਸ਼ਰਧਾਲੂ ਹੀ ਨਹੀਂ ਬਲਕਿ ਮਨੁੱਖਤਾ ਨੂੰ ਪਿਆਰ ਕਰਨ ਵਾਲਾ ਕੋਈ ਵੀ ਵਿਅਕਤੀ ਬਿਨ੍ਹਾਂ ਵੀਜ਼ੇ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦਾ ਹੈ।ਸ. ਹਰਮੀਤ ਸਿੰਘ ਕਾਲਕਾ ਤੇ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 2019 ਵਿਚ ਇਹ ਸਮਝੌਤਾ ਪੰਜ ਸਾਲ ਲਈ ਕੀਤਾ ਗਿਆ ਸੀ ਤੇ ਹੁਣ ਪੰਜ ਸਾਲ ਮੁਕੰਮਲ ਹੋਣ ’ਤੇ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਨੇ ਸਮਝੌਤਾ ਪੰਜ ਸਾਲਾਂ ਲਈ ਵਧਾ ਦਿੱਤਾ ਹੈ, ਜਿਸ ਲਈ ਸਮੁੱਚੀ ਕੌਮ ਭਾਰਤ ਸਰਕਾਰ ਖਾਸ ਤੌਰ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਤਹਿ ਦਿਲੋਂ ਰਿਣੀ ਰਹੇਗੀ।ਸ. ਕਾਲਕਾ ਤੇ ਸ. ਕਾਹਲੋਂ ਨੇ ਸਮੁੱਚੀ ਕੌਮ ਨੂੰ ਵੀ ਅਪੀਲ ਕੀਤੀ ਕਿ ਜਿਹਨਾਂ ਨੇ ਹਾਲੇ ਤੱਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ, ਉਹ ਇਸ ਮੌਕੇ ਦਾ ਲਾਭ ਉਠਾਉਣ ਤੇ ਗੁਰੂ ਘਰ ਦੇ ਦਰਸ਼ਨ ਜ਼ਰੂਰ ਕਰ ਕੇ ਆਉਣ।