ਪਠਾਨਕੋਟ : ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 2 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। ਪਰ ਅੱਜ ਦੋ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੇ ਹੱਥ ਖ਼ਾਲੀ ਹਨ ਅਤੇ ਅੱਜ ਉਹ ਆਪਣੇ ਆਪ ਨੂੰ ਉਹ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਜਿਸ ਦੇ ਚਲਦੇ ਅੱਜ ਪਨਬਸ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਤਿੰਨ ਦਿਨ ਤੱਕ ਸੂਬੇ ’ਚ ਸਰਕਾਰੀ ਦਾਇਰੇ ਦੀਆਂ ਬੱਸਾਂ ਨਹੀਂ ਚੱਲਣਗੀਆਂ। ਪਠਾਨਕੋਟ ਵਿਖੇ ਵੀ ਪਨਬਸ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਦੂਸਰੇ ਦਿਨ ਵੀ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਸੂਬਾ ਸਰਕਾਰ ਨੂੰ ਯਾਦ ਕਰਵਾਏ ਗਏ।
ਇਸ ਦੌਰਾਨ ਪੱਤਰਕਾਰਾਂ ਦੇ ਨਾਲ ਗੱਲ ਕਰਦੇ ਹੋਏ ਪਨਬਸ ਕਾਮਿਆਂ ਨੇ ਕਿਹਾ ਕਿ ਸਾਡੀਆਂ ਚਿਰ ਲੰਬੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਮੁੜ ਇੱਕ ਵਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਕਿਉਂਕਿ ਕਈ ਵਾਰ ਸੂਬਾ ਸਰਕਾਰ ਦੇ ਆਗੂਆਂ ਦੇ ਨਾਲ ਮੀਟਿੰਗ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਸੜਕਾਂ ’ਤੇ ਨਿਤਰਨ ਨੂੰ ਅਤੇ ਕੰਮ ਛੱਡਣ ਨੂੰ ਮਜ਼ਬੂਰ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਹੋਰ ਵੀ ਲੰਬਾ ਸੰਘਰਸ਼ ਉਲੀਕਿਆ ਜਾਵੇਗਾ।






