ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਸੂਬੇ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ ਦਫਤਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਿਵਿਊ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਸ ਨਾਲ ਨਸ਼ਿਆ ਤੋ ਪੀੜਤ ਲੋਕਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੇਗੀ।
ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜਾਂ ਲਈ ਯੋਗਾ ਕਲਾਸਾਂ ਤੋਂ ਇਲਾਵਾ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋ ਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਅਤੇ ਨਸਸ਼ੇ ਦੀ ਭੈੜੀ ਅਲਾਮਤ ਤੋਂ ਦੂਰੀ ਬਣਾਈ ਰੱਖਣ|
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੰਦਿਆਂ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਡੇਂਗੂ ਤੋਂ ਰੋਕਥਾਮ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਆਪਣੇ ਦਫਤਰਾਂ ਵਿੱਚ ਵੀ ਡੇਂਗੂ ਦੇ ਲਾਰਵੇ ਸਬੰਧੀ ਸਫਾਈ ਦਾ ਧਿਆਨ ਰੱਖਿਆ ਜਾਵੇ| ਉਹਨਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਵੀ ਡੇਂਗੂ ਦੇ ਲਾਰਵੇ ਬਾਰੇ ਜਾਣੂ ਕਰਾਇਆ ਜਾਵੇ ਤਾਂ ਜੋ ਉਹ ਆਪਣੇ ਘਰਾਂ ਅੰਦਰ ਡੇਂਗੂ ਦਾ ਲਾਰਵਾ ਲੱਭ ਕੇ ਉਸ ਨੂੰ ਨਸ਼ਟ ਕਰ ਸਕਣ| ਉਹਨਾਂ ਕਿਹਾ ਕਿ ਪੀਲੀਏ ਦੀ ਰੋਕਥਾਮ ਲਈ ਸ਼ਹਿਰਾਂ-ਪਿੰਡਾਂ ਵਿੱਚ ਵੱਧ ਤੋਂ ਵੱਧ ਪਾਣੀ ਦੇ ਸੈਂਪਲ ਲਏ ਜਾਣ| ਉਹਨਾਂ ਨੇ ਫੂਡ ਸੇਫਟੀ ਵੈਨ ਦਾ ਵੀ ਜ਼ਿਕਰ ਕਰਦਿਆ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਇਸ ਵੈਨ ਰਾਹੀ ਵੱਧ ਤੋਂ ਵੱਧ ਸੈਂਪਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਖਾਣ ਪੀਣ ਦੀਆਂ ਵਧੀਆ ਵਸਤੂਆਂ ਮੁਹਈਆ ਹੋ ਸਕਣ|।
ਇਸ ਤੋਂ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਿਵਲ ਹਪਤਾਲ ਵਿਖੇ ਸਥਿਤ ਨਸ਼ਾ ਛੁਡਾਓ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ|