ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਕਿਸਾਨ ਭਰਾਵਾਂ ਨੂੰ ਰਿਵਾਇਤੀ ਫ਼ਸਲੀ ਚੱਕਰ ’ਚੋਂ ਬਾਹਰ ਕੱਢਣ ਲਈ ਵੱਖ-ਵੱਖ ਫ਼ਸਲਾਂ ਤੇ ਖੇਤੀ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਬਦਲਵੀਂ ਖੇਤੀ ਵੱਲ ਵੱਧ ਰਿਹਾ ਰੁਝਾਨ ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗਾ।
ਬਦਲਵੀ ਖੇਤੀ ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਮੱਕੀ, ਗੰਨਾ, ਕਪਾਹ, ਸਬਜ਼ੀਆਂ ਆਦਿ ਵਰਗੀਆਂ ਫ਼ਸਲਾਂ ਲਈ ਵਿਸ਼ੇਸ਼ ਸਬਸਿਡੀ ਅਤੇ ਖ਼ਾਸ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉੱਥੇ ਹੀ ਖੇਤੀ ਸਹਾਇਕ ਕਿੱਤੇ ਜਿਵੇਂ ਪਸ਼ੂ ਪਾਲਣ, ਮੱਛੀ ਪਾਲਣ ਤੇ ਝੀਂਗਾ ਆਦਿ ਕਿੱਤੇ ਲਈ ਵੀ ਸਬਸਿਡੀ ਤੇ ਸਹੂਲਤਾਂ ਦੀ ਸੌਗਾਤ ਦਿੱਤੀ ਜਾ ਰਹੀ ਹੈ।
ਸੂਬਾ ਸਰਕਾਰ ਨੇ ਹੁਣ ਇਸੇ ਗਿਣਤੀ ਨੂੰ ਹੋਰ ਤੇਜ਼ੀ ਨਾਲ ਵਧਾਉਣ ਲਈ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਜਿਸ ਦੇ ਤਹਿਤ ਸੂਬੇ ਅੰਦਰ ਜੋ ਵੀ ਕਿਸਾਨ ਭਰਾ ਬਦਲਵੀਂ ਖੇਤੀ ਨੂੰ ਅਪਣਾਏਗਾ, ਉਸ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਤਹਿਤ ਸਾਲ 2024-2025 ਦੇ ਲਈ 289.87 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਨਵੀਂ ਖੇਤੀ ਨੀਤੀ ਦੇ ਖਰੜੇ ’ਚ ਵੀ ਕਿਸਾਨਾਂ ਨੂੰ ਬਦਲਵੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ, ਜਿਸ ਅਧੀਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਥਾਂ ਹੋਰ ਫ਼ਸਲਾਂ ਦੀ ਬਿਜਾਈ ਉੱਤੇ ਜ਼ੋਰ ਦਿੱਤਾ ਗਿਆ ਹੈ। ਝੋਨੇ ਦੀ ਥਾਂ ਫ਼ਲਾਂ, ਸਬਜ਼ੀਆਂ ਅਤੇ ਹਰਬਲ ਕਿਚਨ ਗਾਰਡਨ ਨੂੰ ਉਤਸ਼ਾਹਿਤ ਕੀਤਾ ਗਿਆ।