ਫਤਿਹਗੜ੍ਹ ਸਾਹਿਬ : ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਯੂਥ ਆਗੂ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸ਼ਰਨ ਭੱਟੀ ਇਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿੱਚ ਕੰਮ ਕਰ ਰਹੇ ਸਨ।
ਉਸ ਨੇ ਖੁਦਕੁਸ਼ੀ ਕਰਨ ਦਾ ਕਾਰਨ ਕਾਰੋਬਾਰ ‘ਚ ਆਪਣੇ ਸਾਥੀ ਅਤੇ ਕੁਝ ਦੋਸਤਾਂ ਨੂੰ ਦੱਸਿਆ ਹੈ। ਉਸ ਨੇ ਆਤਮ ਹੱਤਿਆ ਥਾਣਾ ਮੰਡੀ ਗੋਬਿੰਦਗੜ੍ਹ ਦੇ ਜੀ.ਆਰ.ਪੀ ਅਧੀਨ ਕੀਤੀ ਹੈ ਅਤੇ ਇਸ ਦੀ ਕਾਰਵਾਈ ਵੀ ਮੰਡੀ ਗੋਬਿੰਦਗੜ੍ਹ ਥਾਣੇ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਥਾਣਾ ਸਦਰ ਦੇ ਐਸ.ਐਚ.ਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਰਨ ਭੱਟੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਫ਼ੋਨ ਕਰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮਹੱਤਿਆ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਇੱਕ ਨਿੱਜੀ ਯੂਨੀਵਰਸਿਟੀ ਦੇ ਸਕਿਓਰਿਟੀ ਸਟਾਫ਼ ਤੋਂ ਇਲਾਵਾ ਉਸ ਦੇ ਕਾਰੋਬਾਰ ਨਾਲ ਜੁੜੇ ਸਾਥੀ ਪਿਛਲੇ 1 ਮਹੀਨੇ ਤੋਂ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰ ਰਹੇ ਸਨ। ਉਸ ਨਾਲ ਧੋਖਾ ਹੋਇਆ ਹੈ, ਜਿਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੋਸਟ ‘ਚ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਹ ਉਨ੍ਹਾਂ ਲੋਕਾਂ ਦੇ ਪੂਰੇ ਵੇਰਵੇ ਅਤੇ ਨਾਂ ਦੱਸਣ ਤੋਂ ਬਾਅਦ ਜਾਵੇਗਾ, ਜਿਨ੍ਹਾਂ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ।