ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਐਥਲੀਟਾਂ ਅਤੇ ਪੁਰਸਕਾਰ ਜੇਤੂਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਨਿਵਾਜਿਆਂ। ਭਾਰਤੀ ਹਾਕੀ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਪੰਜਾਬੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਦਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤੇ ਗਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟੀ-20 ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀਆਂ ਖਿਡਾਰਨਾਂ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨੂੰ ਵੀ 1.50-1.50 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਤੁਸੀਂ ਆਪਣੀ ਖੇਡ ’ਤੇ ਪੂਰਾ ਧਿਆਨ ਦਿਓ ਜਦੋਂ ਤੁਹਾਨੂੰ ਲੱਗੇ ਕਿ ਹੁਣ ਤੁਹਾਨੂੰ ਖੇਡਾਂ ਤੋਂ ਰਿਟਾਇਰ ਹੋ ਜਾਣਾ ਚਾਹੀਦਾ ਹੈ ਤਾਂ ਤੁਹਾਨੂੰ ਨਿਸ਼ਚਿੰਤ ਹੋ ਕੇ ਰਿਟਾਇਰਮੈਂਟ ਲੈ ਲੈਣੀ ਚਾਹੀਦੀ ਹੈ, ਰਿਟਾਇਰਮੈਂਟ ਤੋਂ ਬਾਅਦ ਤੁਹਾਨੂੰ ਪੰਜਾਬ ਸਰਕਾਰ ਵੱਲੋਂ ਇਕ ਵਧੀਆ ਸਨਮਾਨ ਯੋਗ ਨੌਕਰੀ ਦਿੱਤੀ ਜਾਵੇਗੀ। ਤੁਸੀਂ ਮੈਡਲ ਜਿੱਤ ਕੇ ਘਰ ਆਓ ਸਾਡੇ ਢੋਲ, ਹਾਰ ਅਤੇ ਨਕਦ ਇਨਾਮ ਤੁਹਾਡਾ ਇੰਤਜ਼ਾਰ ਕਰ ਰਹੇ ਹਨ।





