ਕੈਨੇਡਾ : ਕੈਨੇਡਾ ਸਰਕਾਰ ਨੇ ਹੁਣ ਦੋਸ਼ ਲਾਇਆ ਹੈ ਕਿ ਕੈਨੇਡਾ ਦੀ ਧਰਤੀ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਪਿੱਛੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਭਾਰਤ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਕੈਨੇਡਾ ਦੇ ਅਜਿਹੇ ਸਾਰੇ ਪਿਛਲੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਦ ਵਾਸ਼ਿੰਗਟਨ ਪੋਸਟ ਅਨੁਸਾਰ, ਕੈਨੇਡੀਅਨ ਅਧਿਕਾਰੀਆਂ ਨੇ ਦੋਸ਼ ਲਗਾਇਆ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਅਤੇ ਡਰਾਉਣ ਦੀ ਮੁਹਿੰਮ ਦੇ ਪਿੱਛੇ ਅਮਿਤ ਸ਼ਾਹ ਦਾ ਹੱਥ ਸੀ।
ਮੌਰੀਸਨ ਨੇ ਇੱਕ ਸੰਸਦੀ ਕਮੇਟੀ ਨੂੰ ਦੱਸਿਆ “ਪੱਤਰਕਾਰ ਨੇ ਮੈਨੂੰ ਬੁਲਾਇਆ ਅਤੇ ਪੁੱਛਿਆ ਕਿ ਕੀ ਇਹ (ਅਮਿਤ ਸ਼ਾਹ) ਉਹੀ ਵਿਅਕਤੀ ਸੀ। ਮੈਂ ਪੁਸ਼ਟੀ ਕੀਤੀ ਕਿ ਇਹ ਉਹੀ ਵਿਅਕਤੀ ਸੀ,” । ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਅਜੇ ਤੱਕ ਇਸ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਰਾਇਟਰਜ਼ ਮੁਤਾਬਕ ਖਾਲਿਸਤਾਨੀਆਂ ਦੀ ਮੰਗ ਭਾਰਤ ਤੋਂ ਵੱਖ ਹੋ ਕੇ ਇਕ ਆਜ਼ਾਦ ਦੇਸ਼ ਬਣਾਉਣ ਦੀ ਹੈ ਜਿਸ ਨੂੰ ‘ਖਾਲਿਸਤਾਨ’ ਵਜੋਂ ਜਾਣਿਆ ਜਾਵੇਗਾ। ਭਾਰਤ ਵਿੱਚ 1980 ਅਤੇ 1990 ਦੇ ਦਹਾਕੇ ਦੌਰਾਨ ਖਾਲਿਸਤਾਨ ਲਹਿਰ ਚੱਲੀ ਸੀ। ਇਸ ਦੇ ਨਾਲ ਹੀ 1984 ਵਿਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਵੀ ਹੋਏ ਸਨ। ਇਸ ਵਿੱਚ ਹਜ਼ਾਰਾਂ ਲੋਕ ਮਾਰੇ ਗਏ ਸਨ। ਸਿੱਖ ਵੱਖਵਾਦੀਆਂ ਨੂੰ ਖਦੇੜਨ ਲਈ ਫੌਜ ਨੇ ਅੰਮ੍ਰਿਤਸਰ ਵਿੱਚ ਸਿੱਖਾਂ ਦੇ ਸਭ ਤੋਂ ਪਵਿੱਤਰ ਗੁਰਦੁਆਰੇ ‘ਤੇ ਕਾਰਵਾਈ ਕੀਤੀ। ਭਾਜਪਾ ਆਗੂ ਵੀ ਇਸ ਦੀ ਮੰਗ ਕਰ ਰਹੇ ਸਨ। ਬਾਅਦ ਵਿੱਚ ਭਾਜਪਾ ਦੇ ਸੰਸਥਾਪਕ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਆਪਣੀ ਕਿਤਾਬ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸਾਡੇ (ਭਾਜਪਾ) ਦੇ ਦਬਾਅ ਕਾਰਨ ਇੰਦਰਾ ਗਾਂਧੀ ਨੂੰ ਹਰਿਮੰਦਰ ਸਾਹਿਬ ਵਿਖੇ ਫੌਜ ਰਾਹੀਂ ਕਾਰਵਾਈ ਕਰਨੀ ਪਈ।
ਜੂਨ 2023 ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਨੂੰ ਕੈਨੇਡਾ ਵੱਲੋਂ 13 ਅਕਤੂਬਰ ਨੂੰ “ਸ਼ੱਕੀ ਵਿਅਕਤੀ” ਕਰਾਰ ਦਿੱਤਾ ਗਿਆ ਸੀ। ਕੈਨੇਡਾ ਦਾ ਦੋਸ਼ ਹੈ ਕਿ ਨਿੱਝਰ ਦੀ ਹੱਤਿਆ ਭਾਰਤੀ ਏਜੰਟਾਂ ਨੇ ਕੀਤੀ ਸੀ। ਨਿੱਝਰ ਕੈਨੇਡਾ ਦਾ ਨਾਗਰਿਕ ਸੀ। ਹਾਲਾਂਕਿ, ਨਿੱਝਰ ਨੂੰ ਭਾਰਤ ਵਿੱਚ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ।
ਇਸ ਦੇ ਜਵਾਬ ਵਿੱਚ ਭਾਰਤ ਨੇ ਵੀ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਇਸ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧ ਹੋਰ ਵਿਗੜ ਗਏ। ਭਾਰਤ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਸਮੇਤ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।
ਕੈਨੇਡੀਅਨ ਅਧਿਕਾਰੀਆਂ ਨੇ ਭਾਰਤੀ ਏਜੰਟਾਂ ‘ਤੇ ਖਾਲਿਸਤਾਨ ਸਮਰਥਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਤਲ, ਜਬਰੀ ਵਸੂਲੀ ਅਤੇ ਹਿੰਸਕ ਕਾਰਵਾਈਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਵੀ ਲਗਾਇਆ ਅਤੇ ਇੱਥੋਂ ਤੱਕ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੂੰ ਕੈਨੇਡਾ ਦੀ ਧਰਤੀ ‘ਤੇ ਅਪਰਾਧਿਕ ਗਤੀਵਿਧੀਆਂ ਨਾਲ ਜੋੜਿਆ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਹੈ। ਭਾਰਤ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਲਾਰੈਂਸ ਬਿਸ਼ਨੋਈ ਤੋਂ ਭਾਰਤ ਦੇ ਕਿਸੇ ਵੀ ਸੂਬੇ ਦੀ ਪੁਲਿਸ ਪੁੱਛਗਿੱਛ ਨਹੀਂ ਕਰ ਸਕਦੀ। ਅਜਿਹਾ ਕਿਉਂ ਹੈ ਇਸ ਦਾ ਕੋਈ ਜਾਇਜ਼ ਕਾਰਨ ਨਹੀਂ ਦਿੱਤਾ ਗਿਆ। ਹਾਲ ਹੀ ‘ਚ ਅਭਿਨੇਤਾ ਸਲਮਾਨ ਖਾਨ ਨੂੰ ਕਤਲ ਦੀ ਧਮਕੀ ਅਤੇ ਬਾਅਦ ‘ਚ ਸਲਮਾਨ ਦੇ ਦੋਸਤ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਸੀ। ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਲੋਕ ਲਗਾਤਾਰ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਪਰ ਮੁੰਬਈ ਪੁਲਿਸ ਜਾਂ ਪੰਜਾਬ ਪੁਲਿਸ ਬਿਸ਼ਨੋਈ ਤੋਂ ਪੁੱਛਗਿੱਛ ਨਹੀਂ ਕਰ ਸਕਦੀ।