ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ਵਾਲੇ ਪੁਲਿਸ ਅਫ਼ਸਰ ਜਸਵੀਰ ਸਿੰਘ ਦਾ ਬਿਆਨ ਵੀ ਸਾਹਮਣੇ ਆ ਗਿਆ ਹੈ। ਇਕ ਵੀਡੀਓ ਰਾਹੀਂ ਉਨ੍ਹਾਂ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਗਰ ਇਹ ਪੁਲਿਸ ਅਫ਼ਸਰ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਦਾ ਹੱਥ ਫੜ ਕੇ ਉੱਪਰ ਵੱਲ ਨੂੰ ਕਰਦਾ ਤਾਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਕਸ ‘ਤੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਅੱਜ ਇਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।