ਅੰਮ੍ਰਿਤਸਰ : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੇਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਸਪਸ਼ਟੀਕਰਨ ਦੇਣ ਲਈ ਆਦੇਸ਼ ਦੀ ਪਾਲਣਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ ਬਾਗੀ ਅਕਾਲੀਆਂ ਵੱਲੋਂ ਲਗਾਏ ਗਏ ਵੱਖ-ਵੱਖ ਦੋਸ਼ਾਂ ਤਹਿਤ ਸੁਖਬੀਰ ਸਿੰਘ ਬਾਦਲ ਪਾਸੋਂ ਸਪਸ਼ਟੀਕਰਨ ਮੰਗਿਆ ਸੀ। ਇਸ ਸਪਸ਼ਟੀਕਰਨ ਦੇਣ ਦਾ ਸਮਾਂ 15 ਦਿਨ ਦਾ ਰੱਖਿਆ ਗਿਆ ਸੀ। ਅੱਜ 24 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਉਹਨਾਂ ਦੇ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਵੀ ਮੌਜੂਦ ਹਨ। ਸੁਖਬੀਰ ਸਿੰਘ ਬਾਦਲ ਜਿਉਂ ਹੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪਹੁੰਚੇ ਤਾਂ ਉਹਨਾਂ ਪਹਿਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਸੁਖਬੀਰ ਸਿੰਘ ਬਾਦਲ ਨੇ ਤਕਰੀਬਨ 15 ਕੁ ਮਿੰਟ ਸਕੱਤਰੇਤ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸਪਸ਼ਟੀਕਰਨ ਦੇਣ ਸਮੇਂ ਮੁਲਾਕਾਤ ਕੀਤੀ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ 90 ਲੱਖ ਦੇ ਇਸ਼ਤਿਹਾਰਾਂ ਸੰਬੰਧੀ ਆਪਣਾ ਬੰਦ ਲਫਾਫਾ ਸਪਸ਼ਟੀਕਰ ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਵਾਪਸ ਪਰਤ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਨੇ ਜਥੇਦਾਰ ਤੇ ਹੁਕਮ ਤੇ ਆਪਣਾ ਸ਼੍ਰੋਮਣੀ ਕਮੇਟੀ ਵਲੋਂ 2015 ਵਿੱਚ ਦਿੱਤੇ 90 ਲੱਖ ਦੇ ਦਿੱਤੇ ਇਸ਼ਤਿਹਾਰ ਸਬੰਧੀ ਆਪਣਾ ਬੰਦ ਲਿਫਾਫਾ ਸਪਸ਼ਟੀਕਰਨ ਦੇ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਜੋ ਵੀ ਫੈਸਲਾ ਹੋਵੇਗਾ, ਉਹਨਾਂ ਨੂੰ ਮਨਜ਼ੂਰ ਹੋਵੇਗਾ।