ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਗਾਤਾਰ ਹਰਿਮੰਦਰ ਸਾਹਿਬ ਨੂੰ ਈ-ਮੇਲ ਰਾਹੀਂ ਮਿਲ ਰਹੀਆਂ ਧਮਕੀਆਂ ’ਤੇ ਕਿਹਾ ਕਿ ਲੱਗਦਾ ਹੈ ਕਿ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਬੀਤੇ ਦਿਨ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਈ-ਮੇਲ ਰਾਹੀਂ ਧਮਕੀਆਂ ਜਾਰੀ ਹਨ ਅਤੇ ਸਿੱਖਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਦਰਬਾਰ ਸਾਹਿਬ ਨੂੰ 7ਵੀਂ ਈ-ਮੇਲ ਭੇਜੀ ਗਈ ਹੈ।
ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦਾ ਪ੍ਰਸ਼ਾਸਨ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਸਮਰੱਥ ਹੈ ਪਰ ਮਾੜੇ ਅਨਸਰਾਂ ਨੂੰ ਗ਼ਲਤ ਗਤੀਵਿਧੀਆਂ ਤੋਂ ਰੋਕਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਰਾਜਨੀਤਿਕ ਪਾਰਟੀਆਂ ਨੂੰ ਇਸ ਮੁੱਦੇ ‘ਤੇ ਰਾਜਨੀਤੀ ਬੰਦ ਕਰਨੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਮੁੱਦੇ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸੰਗਤ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।
ਰੋਜ਼ਾਨਾ ਸੰਗਤ ਦਰਬਾਰ ਸਾਹਿਬ ਵਿਖੇ ਨਿਯਮਿਤ ਤੌਰ ‘ਤੇ ਆ ਰਹੀ ਹੈ ਅਤੇ ਸੰਗਤ ਨੂੰ ਬਿਨਾਂ ਕਿਸੇ ਡਰ ਦੇ ਦਰਬਾਰ ਸਾਹਿਬ ਵਿਖੇ ਆਉਣ ਦੀ ਅਪੀਲ ਵੀ ਕੀਤੀ।