ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਮ ਰਾਹੀਮ ਦੀ ਫਰਲੋ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਦਾ ਕਹਿਣਾ ਹੈ ਕਿ ਇੱਥੇ ਦੇਸ਼ ਵਿੱਚ ਸਿੱਖਾਂ ਨੂੰ ਕੋਈ ਇਨਸਾਫ਼ ਨਹੀਂ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣੇ ਦੀਆਂ ਚੋਣਾਂ ਦੇ ਮੱਦੇਨਜ਼ਰ ਰੱਖਦੇ ਹੋਏ ਸੌਦਾ ਸਾਧ ਨੂੰ ਫਰਲੋ ਦਿੱਤੀ ਜਾ ਰਹੀ ਹੈ। ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਸਾਡੇ ਨਾਲ ਕਦੇ ਵੀ ਇਨਸਾਫ਼ ਨਹੀਂ ਹੋਇਆ।
ਚੋਣਾਂ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਕਿਹਾ ਹੈ ਕਿ ਸਰਕਾਰ ਇੰਨ੍ਹਾਂ ਚੋਣਾਂ ਦਾ ਜਲਦ ਹੀ ਐਲਾਨ ਕਰ ਸਕਦੀ ਹੈ। ਉਥੇ ਹੀ ਜਥੇਦਾਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਧਿਆਨ ਰੱਖਿਆ ਜਾਵੇ ਤਾਂ ਕਿ ਕਿਸੇ ਗਲਤ ਅਨਸਰ ਦੀ ਵੋਟ ਨਾ ਬਣੇ।