ਮੁੰਬਈ : ਬੰਬਈ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੋਮਵਾਰ ਨੂੰ ਹਾਈ ਕੋਰਟ ਨੇ ਗੋਇਲ ਨੂੰ ਮੈਡੀਕਲ ਆਧਾਰ ‘ਤੇ 2 ਮਹੀਨੇ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਨਰੇਸ਼ ਗੋਇਲ ਨੇ ਮਨੀ ਲਾਂਡਰਿੰਗ ਮਾਮਲੇ ‘ਚ ਮੈਡੀਕਲ ਆਧਾਰ ‘ਤੇ ਜ਼ਮਾਨਤ ਦੀ ਮੰਗ ਕਰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਅਤੇ ਉਸ ਦੀ ਪਤਨੀ ਦੋਵੇਂ ਟਰਮੀਨਲ ਕੈਂਸਰ ਤੋਂ ਪੀੜਤ ਹਨ।
ਉਦਯੋਗਪਤੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ 3 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਡਾਕਟਰੀ ਆਧਾਰ ‘ਤੇ ਮੰਗੀ ਗਈ ਗੋਇਲ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਸੀ। ਇਹ ਵੀ ਕਿਹਾ ਗਿਆ ਸੀ ਕਿ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਠਹਿਰਾਅ ਇੱਕ ਮਹੀਨੇ ਲਈ ਵਧਾਇਆ ਜਾ ਸਕਦਾ ਹੈ।
ਧਿਆਨ ਯੋਗ ਹੈ ਕਿ ਈਡੀ ਨੇ ਗੋਇਲ ਨੂੰ ਸਤੰਬਰ 2023 ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਅਤੇ ਕੇਨਰਾ ਬੈਂਕ ਦੁਆਰਾ ਜੈੱਟ ਏਅਰਵੇਜ਼ ਨੂੰ ਦਿੱਤੇ ਗਏ 538.62 ਕਰੋੜ ਰੁਪਏ ਵਿੱਚ ਹੇਰਾਫੇਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਗੋਇਲ ਦੀ ਪਤਨੀ ਅਨੀਤਾ ਗੋਇਲ ਨੂੰ ਨਵੰਬਰ 2023 ਵਿੱਚ ਈਡੀ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।