ਨਾਭਾ : ਬਲਦੇਵ ਕਾਲੋਨੀ ਦੀ ਵਸਨੀਕ 23 ਸਾਲਾ ਲੜਕੀ ਜਸ਼ਨ ਕੌਰ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਲੜਕੀ ਨੂੰ 20 ਜੁਲਾਈ ਨੂੰ ਨਾਭਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿੱਥੇ ਸੋਮਵਾਰ ਨੂੰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਤੋਂ ਬਾਅਦ ਨਾਭਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਲੜਕੀ ਜਸ਼ਨ ਕੌਰ ਦੇ ਪਰਿਵਾਰ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਹੁਰਾ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਮਿ੍ਤਕਾ ਦੇ ਪਤੀ, ਸੱਸ, ਸਹੁਰਾ ਅਤੇ ਦਿਉਰ ’ਤੇ ਉਨ੍ਹਾਂ ਦੀ ਲੜਕੀ ਜਸ਼ਨ ਕੌਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਦੋਸ਼ ਲਗਾਏ। ਉਨ੍ਹਾਂ ਨੇ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਲੜਕੀ ਦਾ ਸਸਕਾਰ ਨਹੀਂ ਕਰਨਗੇ। ਇਸ ਤੋਂ ਤੁਰੰਤ ਬਾਅਦ ਪਰਿਵਾਰ ਅਤੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਸਮੇਤ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਨਾਭਾ ਦੇ ਥਾਣਾ ਸਦਰ ਵਿਖੇ ਇਨਸਾਫ ਦੀ ਮੰਗ ਕੀਤੀ।
ਇਸ ਮੌਕੇ ਐੱਸਐੱਚਓ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਹੀ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਚੁੱਕੇ ਹਨ ਜਿਸ ਵਿੱਚ ਪਤੀ ਪ੍ਰਿਤਪਾਲ ਸਿੰਘ, ਪਿਤਾ ਭਾਨ ਸਿੰਘ, ਮਾਤਾ ਕੇਸਰੋ ਤੇ ਭਰਾ ਬੱਲੂ ਵਾਸੀ ਬਲਦੇਵ ਕਾਲੋਨੀ ਨਾਭਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੜਕੀ ਦੇ ਪਰਿਵਾਰ ਦੀ ਸਹਿਮਤੀ ਨਾਲ ਧਾਰਾਵਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐੱਸਐੱਚਓ ਗੁਰਵਿੰਦਰ ਸਿੰਘ ਨੇ ਕਿਹਾ ਕਿ ਲੜਕੀ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਜਗਪਾਲ ਸਿੰਘ ਉਦਾ ਨੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂ ਹਰਵਿੰਦਰ ਸਿੰਘ ਫੌਜੀ, ਨਿਰਮਲ ਸਿੰਘ ਨਿਰਮਾਣਾ, ਗੁਰਦਿਆਲ ਸਿੰਘ ਅਚਲ, ਪਰਮਾਤ ਸਿੰਘ ਨਾਭਾ, ਪ੍ਰਿਤਪਾਲ ਸਿੰਘ ਢੀਂਗੀ, ਗਮਦੂਰ ਸਿੰਘ ਨਾਭਾ ਤੇ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।