ਫਿਰੋਜ਼ਪੁਰ: ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਕੁੱਲ 22 ਕਿੱਲੋ 295 ਗ੍ਰਾਮ ਹੈਰੋਇਨ, ਦੋ ਗਲੌਕ (Glock) ਪਿਸਤੌਲ, ਦੋ ਮੈਗਜ਼ੀਨ, ਚਾਰ ਜ਼ਿੰਦਾ ਕਾਰਤੂਸ, ਇਕ ਕਾਰ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ (IPS) ਅਤੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸੀਆਈਏ ਜ਼ੀਰਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਪਿੰਡ ਦੁਲਚੀਕੇ ਨੇੜੇ ਇੱਕ ਇੱਟਾਂ ਦੇ ਭੱਠੇ ਕੋਲ ਕਾਰਵਾਈ ਕੀਤੀ ਗਈ।






