ਪਾਕਿਸਤਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਇਥੇ ਬਲੋਚਿਸਤਾਨ ਸੂਬੇ ਦੇ ਕਵੇਟਾ ਵਿੱਚ ਚਮਨ ਫਾਟਕ ਕੋਲ ਰੇਲਵੇ ਟਰੈਕ ਦੇ ਨੇੜੇ ਇੱਕ ਆਤਮਘਾਤੀ ਹਮਲਾ ਕੀਤਾ ਗਿਆ। ਇਸ ਦੀ ਲਪੇਟ ਵਿਚ ਜਾਫਰ ਐਕਸਪ੍ਰੈਸ ਆ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਅਤੇ 70 ਤੋਂ ਵੱਧ ਜ਼ਖ਼ਮੀ ਹੋ ਗਏ।
ਮੀਡੀਆ ਰਿਪੋਰਟਾਂ ਅਨੁਸਾਰ, ਜਦੋਂ ਧਮਾਕਾ ਹੋਇਆ ਤਾਂ ਟ੍ਰੇਨ ਕਵੇਟਾ ਕੈਂਟ ਵੱਲ ਜਾ ਰਹੀ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਧਮਾਕੇ ਤੋਂ ਬਾਅਦ, ਰੇਲਵੇ ਟਰੈਕ ਦੇ ਨੇੜੇ ਅੱਗ ਲੱਗ ਗਈ। ਫਾਇਰ ਬ੍ਰਿਗੇਡ, ਪੁਲਿਸ, ਬਚਾਅ ਟੀਮਾਂ ਅਤੇ ਸੁਰੱਖਿਆ ਬਲ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਧਮਾਕੇ ਨਾਲ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਸੁਰੱਖਿਆ ਏਜੰਸੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਲੋਚਿਸਤਾਨ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਵਿਸ਼ੇਸ਼ ਸਹਾਇਕ ਬਾਬਰ ਯੂਸਫ਼ਜ਼ਈ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਇਕੱਠੇ ਨਾ ਹੋਣ ਦੀ ਅਪੀਲ ਕੀਤੀ।





