ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਘਟਨਾ ਦੌਰਾਨ ਜਾਨ ਗੁਆਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਉਥੇ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚੱਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸ਼ਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ।
ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਹਾਦਸੇ ਦੌਰਾਨ ਜਾਨ ਗੁਆਉਣ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਬਿਲਕੁਲ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ।





