ਫਾਜ਼ਿਲਕਾ : ਬੀਐਸਐਫ ਨੇ ਫਾਜ਼ਿਲਕਾ ਵਿਖੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਇੱਕ ਵਿਅਕਤੀ ਨੂੰ ਫੜਿਆ ਹੈ। ਹਾਲਾਂਕਿ, ਬੀਐਸਐਫ ਨੇ ਉਕਤ ਵਿਅਕਤੀ ਨੂੰ ਫੜ ਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਿੱਥੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਦਰ ਪੁਲਿਸ ਸਟੇਸ਼ਨ ਦੇ ਐਸਐਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਵਾਰਵਾਲੀ ਪੋਸਟ ਨੇੜੇ ਪਾਕਿਸਤਾਨ ਤੋਂ ਭਾਰਤ ’ਚ ਦਾਖ਼ਲ ਹੋਏ ਇੱਕ ਵਿਅਕਤੀ ਨੂੰ ਫੜਿਆ। ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਉਕਤ ਵਿਅਕਤੀ ਦੀ ਪਛਾਣ ਕਰ ਲਈ ਹੈ।
ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਲਿੰਦਰ ਚੌਹਾਨ ਹੈ, ਜੋ ਉੱਤਰ ਪ੍ਰਦੇਸ਼ ਦੇ ਪਿੰਡ ਨਰੋਵਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਉਕਤ ਮੁਲਜ਼ਮ ਦੇ ਇਲਾਕੇ ਦੇ ਸਬੰਧਤ ਥਾਣੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਗ੍ਰਿਫ਼ਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ।